ਕਰਤਾਰਪੁਰ ਲਾਂਘੇ ’ਤੇ ਭਾਰਤ ਦੇ ਪ੍ਰਸਤਾਵ ਨਾਲ ਸਹਿਮਤ ਨਹੀਂ ਪਾਕਿਸਤਾਨ

0
2357

ਇਸਲਾਮਾਬਾਦ: ਪਾਕਿਸਤਾਨ ਨੇ ਕਰਤਾਰਪੁਰ ਲਾਂਘਾ ਚਾਲੂ ਕਰਨ ਲਈ ਕਈ ਨਿਯਮ ਅਤੇ ਸ਼ਰਤਾਂ ਤੈਅ ਕਰ ਦਿੱਤੀਆਂ ਹਨ। ਉਹ ਇਸ ਲਾਂਘੇ ’ਤੇ ਭਾਰਤ ਦੇ ਪ੍ਰਸਤਾਵ ਨਾਲ ਸਹਿਮਤ ਨਹੀਂ ਹਨ। ਪਾਕਿਸਤਾਨ ਨੇ ਕਿਹਾ ਹੈ ਕਿ ਇਕ ਦਿਨ ਵਿਚ ਸਿਰਫ 700 ਸ਼ਰਧਾਲੂ ਹੀ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਦੇ ਦਰਸ਼ਨ ਕਰ ਸਕਣਗੇ। ਭਾਰਤ ਨੇ ਪ੍ਰਸਤਾਵ ਰੱਖਿਆ ਸੀ ਕਿ ਭਾਰਤੀ ਨਾਗਰਿਕਾਂ ਤੋਂ ਇਲਾਵਾ ਓਵਰਸੀਜ ਇੰਡੀਅਨ ਕਾਰਡ ਧਾਰਕਾਂ ਨੂੰ ਵੀ ਤੀਰਥ ਯਾਤਰਾ ਦੀ ਇਜਾਜ਼ਤ ਦਿੱਤੀ ਜਾਵੇ।
ਪਰ ਪਾਕਿਸਤਾਨ ਨੇ ਕਿਹਾ ਹੈ ਕਿ ਸਿਰਫ਼ ਭਾਰਤੀ ਨਾਗਰਿਕਾਂ ਨੂੰ ਹੀ ਯਾਤਰਾ ਦੀ ਇਜਾਜ਼ਤ ਦਿੱਤੀ ਜਾਵੇਗੀ। ਭਾਰਤ ਨੇ ਸੁਝਾਅ ਦਿੱਤਾ ਸੀ ਕਿ ਕਰਤਾਰਪੁਰ ਲਾਂਘੇ ਨੂੰ ਹਫ਼ਤੇ ਵਿਚ ਸੱਤ ਦਿਨ ਅਤੇ ਸਾਲ ਵਿਚ 365 ਦਿਨ ਖੁੱਲ੍ਹਾ ਰੱਖਿਆ ਜਾਵੇ ਪਰ ਪਾਕਿਸਤਾਨ ਨੇ ਕਿਹਾ ਹੈ ਕਿ ਇਸ ਨੂੰ ਸਿਰਫ਼ ਤੀਰਥ ਯਾਤਰਾ ਦੌਰਾਨ ਹੀ ਖੁੱਲ੍ਹਾ ਰੱਖਣ ਦੀ ਇਜਾਜ਼ਤ ਦਿੱਤੀ ਜਾਵੇਗੀ। ਭਾਰਤ ਦਾ ਪ੍ਰਸਤਾਵ ਸੀ ਕਿ 5000 ਲੋਕਾਂ ਨੂੰ ਹਰ ਦਿਨ ਦਰਸ਼ਨ ਕਰਨ ਦੀ ਇਜਾਜ਼ਤ ਹੋਣੀ ਚਾਹੀਦੀ ਹੈ ਪਰ ਪਾਕਿਸਤਾਨ ਨੇ ਕਿਹਾ ਕਿ 700 ਤੋਂ ਜ਼ਿਆਦਾ ਲੋਕਾਂ ਨੂੰ ਇਜਾਜ਼ਤ ਨਹੀਂ ਦਿੱਤੀ ਜਾਵੇਗੀ।