ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਨਾਲ-ਨਾਲ ਪੰਜਾਬ ਵਿੱਚ ਪਿਛਲੇ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਕਰਕੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ। ਇਸ ਦੌਰਾਨ ਪੰਜਾਬ ਦੇ ਰਾਵੀ, ਬਿਆਸ ਅਤੇ ਸਤਲੁਜ ਦਰਿਆ ਚੜ੍ਹੇ ਹੋਏ ਹਨ। ਇਸ ਦੇ ਨਾਲ ਹੀ ਘੱਗਰ ਨਦੀ ਵਿੱਚ ਵੀ ਪਾਣੀ ਦਾ ਪੱਧਰ ਵੱਧ ਗਿਆ ਹੈ। ਹੁਣ ਤੱਕ ਪੰਜਾਬ ਦੇ 12 ਜ਼ਿਲ੍ਹੇ ਹੜ੍ਹਾਂ ਕਰਕੇ ਪ੍ਰਭਾਵਿਤ ਹੋ ਚੁੱਕੇ ਹਨ।
ਇਨ੍ਹਾਂ ਵਿੱਚ ਅੰਮ੍ਰਿਤਸਰ, ਬਰਨਾਲਾ, ਫਾਜ਼ਿਲਕਾ, ਫਿਰੋਜ਼ਪੁਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਮਾਨਸਾ, ਮੋਗਾ, ਪਠਾਨਕੋਟ ਅਤੇ ਮੁਹਾਲੀ ਦੇ ਕੁਝ ਇਲਾਕੇ ਸ਼ਾਮਲ ਹਨ, ਜਿਸ ਦੇ 1300 ਤੋਂ ਵੱਧ ਪਿੰਡ ਪ੍ਰਭਾਵਿਤ ਹੋ ਚੁੱਕੇ ਹਨ। ਹੜ੍ਹਾਂ ਕਰਕੇ ਪੰਜਾਬ ਵਿੱਚ ਲੱਖਾਂ ਲੋਕ ਬੇਘਰ ਹੋ ਚੁੱਕੇ ਹਨ। ਹੁਣ ਤੱਕ ਪੰਜਾਬ ਵਿੱਚ ਹੜ੍ਹਾਂ ਕਰਕੇ 29 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਅਤੇ 15688 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪਠਾਨਕੋਟ ਵਿੱਚ 6, ਅੰਮ੍ਰਿਤਸਰ, ਬਰਨਾਲਾ, ਹੁਸ਼ਿਆਰਪੁਰ, ਲੁਧਿਆਣਾ, ਮਾਨਸਾ ਅਤੇ ਰੋਪੜ ਵਿੱਚ 3-3 ਅਤੇ ਬਠਿੰਡਾ, ਗੁਰਦਾਸਪੁਰ, ਪਟਿਆਲਾ, ਮੁਹਾਲੀ ਤੇ ਸੰਗਰੂਰ ਵਿੱਚ ਇਕ-ਇਕ ਵਿਅਕਤੀ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਸ਼ੂਆਂ ਦਾ ਨੁਕਸਾਨ ਹੋ ਗਿਆ ਹੈ। ਸੂਬਾ ਸਰਕਾਰ ਵੱਲੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 129 ਰਾਹਤ ਕੈਂਪ ਚਲਾਏ ਗਏ ਹਨ, ਜਿੱਥੇ 7144 ਲੋਕਾਂ ਨੂੰ ਸੁਰੱਖਿਅਤ ਰੱਖਿਆ ਗਿਆ ਹੈ।
ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਅਗਲੇ 24 ਘੰਟੇ ਭਾਰੀ ਮੀਂਹ ਪੈਣ ਦੀ ਚੇਤਾਵਨੀ
ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਪਿਛਲੇ 24 ਘੰਟਿਆਂ ਤੋਂ ਰੁਕ ਰੁਕ ਕੇ ਮੀਂਹ ਪੈਣਾ ਜਾਰੀ ਹੈ, ਜਿਸ ਨੇ ਪੰਜਾਬ ਵਿੱਚ ਹੜ੍ਹਾਂ ਦੇ ਹਾਲਾਤ ਨੂੰ ਹੋਰ ਗੰਭੀਰ ਬਣਾ ਦਿੱਤਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਅਗਲੇ 24 ਘੰਟੇ ਭਾਰੀ ਮੀਂਹ ਪੈਣ ਦੀ ਚੇਤਾਵਨੀ ਜਾਰੀ ਕੀਤੀ ਹੈ।
ਮੌਸਮ ਵਿਭਾਗ ਨੇ ਹੁਸ਼ਿਆਰਪੁਰ, ਨਵਾਂ ਸ਼ਹਿਰ, ਗੜਸ਼ੰਕਰ, ਰੋਪੜ ਅਤੇ ਪਟਿਆਲਾ ਸਣੇ ਆਲੇ ਦੁਆਲੇ ਦੇ ਇਲਾਕੇ ਵਿੱਚ ਭਾਰੀ ਮੀਂਹ ਪੈਣ ਲਈ ‘ਰੈੱਡ ਅਲਰਟ’ ਵੀ ਜਾਰੀ ਕਰ ਦਿੱਤਾ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਕੁਝ ਜ਼ਿਲ੍ਹਿਆਂ ਵਿੱਚ ਮੱਧਮ ਮੀਂਹ ਪੈਣ ਲਈ ‘ਔਰੇਂਜ ਅਲਰਟ’ ਵੀ ਜਾਰੀ ਕੀਤਾ ਹੈ।