ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਗਏ ਇਸ ਨਗਰ ਕੀਰਤਨ ਦੀ ਆਰੰਭਤਾ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਪਰਵਿੰਦਰਪਾਲ ਸਿੰਘ ਨੇ ਪਾਵਨ ਸਰੂਪ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਕੀਤੇ।
ਨਗਰ ਕੀਰਤਨ ਦੌਰਾਨ ਵੱਖ-ਵੱਖ ਗੱਤਕਾ ਪਾਰਟੀਆਂ ਨੇ ਗੱਤਕੇ ਦੇ ਜੌਹਰ ਦਿਖਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਸ਼ਬਦੀ ਜਥਿਆਂ ਨੇ ਗੁਰੂ ਸਾਹਿਬ ਦੀ ਉਸਤਤ ਵਿੱਚ ਇਲਾਹੀ ਬਾਣੀ ਦਾ ਜਸ ਗਾਇਨ ਕੀਤਾ। ਗਿਆਨੀ ਪਰਵਿੰਦਰਪਾਲ ਸਿੰਘ ਨੇ ਸਮੂਹ ਸੰਗਤ ਨੂੰ ਗੁਰਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਅਤੇ ਬਾਣੀ ਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਦਿੱਤੀ।ਇਹ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਇਤਿਹਾਸਕ ਬਾਜ਼ਾਰਾਂ ਜਿਵੇਂ ਕਿ ਪਲਾਜ਼ਾ ਘੰਟਾ ਘਰ, ਮਾਈ ਸੇਵਾਂ ਬਾਜ਼ਾਰ, ਚੌਂਕ ਛੱਤੀ ਖੂਹੀ, ਚਾਵਲ ਮੰਡੀ ਅਤੇ ਚੌਂਕ ਬਾਬਾ ਸਾਹਿਬ ਤੋਂ ਹੁੰਦਾ ਹੋਇਆ ਵਾਪਸ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਇਆ।













