ਹੜ੍ਹ ਪੀੜਤਾਂ ਨੂੰ ਰਾਹਤ ਦੇਣ ’ਚ ਸਰਕਾਰ ਨਾਕਾਮ: ਹਰਸਿਮਰਤ

0
212

ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਹੜ੍ਹ ਪੀੜਤਾਂ ਨੂੰ ਬਚਾਉਣ ਅਤੇ ਸਹਾਇਤਾ ਕਰਨ ਵਿੱਚ ਨਾਕਾਮ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਤੋਂ ਬਚਾਅ ਲਈ ਅਗੇਤੇ ਪ੍ਰਬੰਧ ਨਾ ਕਰਨਾ ਭਗਵੰਤ ਮਾਨ ਸਰਕਾਰ ਦੀ ਨਾਕਾਮੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਨਾਕਾਮੀ ਕਾਰਨ ਹੀ 2023 ਵਿੱਚ ਪੰਜਾਬ ਹੜ੍ਹਾਂ ਨਾਲ ਤਬਾਹ ਹੋਇਆ ਸੀ ਅਤੇ ਦੋ ਸਾਲਾਂ ਮਗਰੋਂ ਸਰਕਾਰ ਕੋਲ ਤਜਰਬੇ ਦੀ ਘਾਟ ਕਾਰਨ ਮੁੜ ਲੱਖਾਂ ਲੋਕਾਂ ਨੂੰ ਬੇਘਰ ਹੋਣਾ ਪੈ ਰਿਹਾ ਹੈ। ਇਸ ਕਾਰਨ ਹਜ਼ਾਰਾਂ ਏਕੜ ਫ਼ਸਲ ਬਰਬਾਦ ਹੋ ਗਈ ਹੈ। ਹਰਸਿਮਰਤ ਕੌਰ ਬਾਦਲ ਅੱਜ ਬੁਢਲਾਡਾ ਵਿਧਾਨ ਸਭਾ ਹਲਕੇ ਦੇ ਪਿੰਡ ਦਾਤੇਵਾਸ, ਜਲਵੇੜਾ, ਖੁਡਾਲ ਕਲਾਂ, ਕੁਲਰੀਆਂ, ਭਖੜਿਆਲ, ਕਾਹਨਗੜ੍ਹ ਸਣੇ ਹੋਰਨਾਂ ਪਿੰਡਾਂ ਦਾ ਦੌਰਾ ਕਰਨ ਮਗਰੋਂ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ।