ਜ਼ਿਮਨੀ ਚੋਣਾਂ: ਮੁੱਖ ਸਿਆਸੀ ਧਿਰਾਂ ਦਾ ਵੱਕਾਰ ਦਾਅ ’ਤੇ

0
1928

ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ- ਜਲਾਲਾਬਾਦ, ਦਾਖਾ, ਫਗਵਾੜਾ ਅਤੇ ਮੁਕੇਰੀਆਂ ਦੀਆਂ ਜ਼ਿਮਨੀ ਚੋਣਾਂ ਲਈ ਪ੍ਰਚਾਰ ਅੱਜ ਸ਼ਾਮੀ ਖ਼ਤਮ ਹੋ ਗਿਆ। ਇਨ੍ਹਾਂ ਹਲਕਿਆਂ ਦੇ ਵੋਟਰ ਹੁਣ ਸੋਮਵਾਰ ਨੂੰ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਨਗੇ। ਜ਼ਿਮਨੀ ਚੋਣਾਂ ਦੇ ਨਤੀਜੇ 24 ਅਕਤੂਬਰ ਨੂੰ ਆਉਣਗੇ। ਇਨ੍ਹਾਂ ਚੋਣਾਂ ’ਚ ਸੂਬੇ ਦੀਆਂ ਪ੍ਰਮੁੱਖ ਸਿਆਸੀ ਧਿਰਾਂ- ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ, ਲੋਕ ਇਨਸਾਫ਼ ਪਾਰਟੀ ਨੇ ਆਪਣੇ ਉਮੀਦਵਾਰ ਖੜ੍ਹੇ ਕੀਤੇ ਹਨ। ਪੰਜਾਬ ਵਿਧਾਨ ਸਭਾ ਵਿੱਚ ਦੋ-ਤਿਹਾਈ ਬਹੁਮਤ ਹਾਸਲ ਕਰ ਚੁੱਕੀ ਸੱਤਾਧਾਰੀ ਕਾਂਗਰਸ ਲਈ ਚੋਣਾਂ ਅੰਕੜਿਆਂ ਦੇ ਲਿਹਾਜ਼ ਤੋਂ ਤਾਂ ਭਾਵੇਂ ਕੋਈ ਖਾਸ ਮਹੱਤਤਾ ਨਹੀਂ ਰੱਖਦੀਆਂ ਪਰ ਸੂਬੇ ਦੀ ਸਿਆਸਤ ਲਈ ਇਨ੍ਹਾਂ ਚੋਣਾਂ ਦੇ ਨਤੀਜੇ ਜ਼ਰੂਰ ਅਹਿਮੀਅਤ ਰੱਖਦੇ ਹਨ। ਅਕਾਲੀ ਦਲ ਅਤੇ ਭਾਜਪਾ ਇਨ੍ਹਾਂ ਚੋਣਾਂ ਦੌਰਾਨ ਵੱਕਾਰ ਬਹਾਲੀ ਦੀ ਲੜਾਈ ਲੜ ਰਹੀਆਂ ਹਨ। ਭਾਰਤੀ ਜਨਤਾ ਪਾਰਟੀ ਨੇ ਫਗਵਾੜਾ ਅਤੇ ਮੁਕੇਰੀਆਂ ਵਿੱਚ ਪੂਰਾ ਜ਼ੋਰ ਲਾਇਆ ਹੋਇਆ ਹੈ। ਜਦਕਿ ਅਕਾਲੀ ਦਲ ਨੇ ਜਲਾਲਾਬਾਦ ਅਤੇ ਦਾਖਾ ਹਲਕੇ ਵਿਚ ਪ੍ਰਭਾਵਸ਼ਾਲੀ ਪ੍ਰਦਰਸ਼ਨ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ। ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਅਤੇ ਹਰਸਿਮਰਤ ਕੌਰ ਬਾਦਲ ਨੇ ਚੋਣ ਰੈਲੀਆਂ ਕਰਦਿਆਂ ਦੋਵਾਂ ਹਲਕਿਆਂ ’ਚ ਮਾਹੌਲ ਭਖਾਇਆ ਹੋਇਆ ਹੈ। ਦਾਖਾ ਤੋਂ ਲੋਕ ਇਨਸਾਫ਼ ਪਾਰਟੀ ਦੇ ਉਮੀਦਵਾਰ ਵੱਲੋਂ ਵੀ ਦੋਵਾਂ ਰਵਾਇਤੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਟੱਕਰ ਦਿੱਤੀ ਜਾ ਰਹੀ ਹੈ। ਇਨ੍ਹਾਂ ਚੋਣਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਰੋਡ ਸ਼ੋਅ ਕਰਕੇ ਵੋਟਰਾਂ ਨੂੰ ਆਪਣੇ ਪਾਰਟੀ ਦੇ ਉਮੀਦਵਾਰਾਂ ਵੱਲ ਖਿੱਚਣ ਦਾ ਯਤਨ ਕੀਤਾ ਹੈ। ਦਾਖਾ ਹਲਕੇ ਤੋਂ ਤਾਂ ਮੁੱਖ ਮੰਤਰੀ ਨੇ ਆਪਣੇ ਸਿਆਸੀ ਸਕੱਤਰ ਦੀ ਜਿੱਤ ਯਕੀਨੀ ਬਨਾਉਣ ਲਈ ਦੋ ਦਿਨ ਰੋਡ ਸ਼ੋਅ ਕੱਢਿਆ। ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਅਕਾਲੀਆਂ ਨੂੰ ਜਲਾਲਾਬਾਦ ਹਲਕੇ ਵਿੱਚ ਹਲੂਣਾ ਦੇਣ ਲਈ ਕਈ ਦਿਨ ਤੱਕ ਡੇਰਾ ਜਮਾਈ ਰੱਖਿਆ ਹੈ। ਅਕਾਲੀ ਦਲ ਵੀ ਜਲਾਲਾਬਾਦ ਹਲਕੇ ’ਤੇ ਕਬਜ਼ਾ ਬਣਾਈ ਰੱਖਣ ਲਈ ਯਤਨਸ਼ੀਲ ਹੈ। ਮੁੱਖ ਮੰਤਰੀ ਵੱਲੋਂ ਮੰਤਰੀਆਂ ਅਤੇ ਵਿਧਾਇਕਾਂ ਦੀਆਂ ਵੀ ਜ਼ਿਮਨੀ ਚੋਣਾਂ ਵਾਲੇ ਵਿਧਾਨ ਸਭਾ ਹਲਕਿਆਂ ਵਿੱਚ ਡਿਊਟੀਆਂ ਲਾਈਆਂ ਹੋਈਆਂ ਹਨ। ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਸਮੇਤ ਸੂਬਾਈ ਲੀਡਰਸ਼ਿਪ ਵੱਲੋਂ ਫਗਵਾੜਾ ਅਤੇ ਮੁਕੇਰੀਆਂ ਵਿੱਚ ਉਮੀਦਵਾਰਾਂ ਦੀ ਜਿੱਤ ਯਕੀਨੀ ਬਨਾਉਣ ਲਈ ਮੈਦਾਨ ਤਾਂ ਭਖਾਇਆ ਗਿਆ ਹੈ ਪਰ ਇਸਦੇ ਉਮੀਦਵਾਰਾਂ ਨੂੰ ਬੇਗਾਨਿਆਂ ਦੀ ਥਾਂ ਆਪਣਿਆਂ ਤੋਂ ਜ਼ਿਆਦਾ ਖ਼ਤਰਾ ਹੈ। ਦੱਸਣਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਅਤੇ ਸੋਮ ਪ੍ਰਕਾਸ਼ ਦੇ ਸੰਸਦ ਮੈਂਬਰ ਚੁਣੇ ਜਾਣ ਕਰਕੇ ਜਲਾਲਾਬਾਦ ਅਤੇ ਫਗਵਾੜਾ ਹਲਕੇ ਦੀਆਂ ਚੋਣਾਂ ਹੋ ਰਹੀਆਂ ਹਨ ਜਦਕਿ ਦਾਖਾ ਤੋਂ ਆਮ ਆਦਮੀ ਪਾਰਟੀ ਦੇ ਆਗੂ ਐਚ.ਐੱਸ. ਫੂਲਕਾ ਨੇ ਅਸਤੀਫ਼ਾ ਦੇ ਦਿੱਤਾ ਸੀ ਤੇ ਮੁਕੇਰੀਆਂ ਤੋਂ ਕਾਂਗਰਸ ਦੇ ਵਿਧਾਇਕ ਰਜਨੀਸ਼ ਬੱਬੀ ਦੀ ਮੌਤ ਹੋ ਗਈ ਸੀ।