ਲੁਧਿਆਣਾ ਦੇ ਏਸੀਪੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ, ਕਈ ਐਸਐੱਚਓ ਵੀ ਕੁਆਰੰਟਾਈਨ

0
831

ਚੰਡੀਗੜ੍ਹ- ਕੋਰੋਨਾ ਵਾਇਰਸ ਨੇ ਪੰਜਾਬ ਵਿਚ ਵੀ ਆਪਣਾ ਕਹਿਰ ਵਰਸਾਇਆ ਹੋਇਆ ਹੈ। ਕੋਰੋਨਾ ਵਾਇਰਸ ਦੇ ਵਧਦੇ ਕਹਿਰ ਦੌਰਾਨ ਲੁਧਿਆਣਾ ‘ਚ ਕੋਰੋਨਾ ਵਾਇਰਸ ਦਾ ਇਕ ਨਵਾਂ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਲੁਧਿਆਣਾ ਉੱਤਰੀ ਦੇ ਏ. ਸੀ. ਪੀ. ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਏ. ਸੀ. ਪੀ. ਪਿਛਲੇ ਕਾਫੀ ਦਿਨਾਂ ਤੋਂ ਬੀਮਾਰ ਚੱਲ ਰਹੇ ਸਨ, ਜਿਸ ਕਾਰਨ ਉਨ੍ਹਾਂ ਨੂੰ ਲੁਧਿਆਣਾ ਦੇ ਅਪੋਲੋ ਹਸਪਤਾਲ ‘ਚ ਭਰਤੀ ਕਰਾਇਆ ਗਿਆ ਸੀ। ਇਸ ਸਮੇਂ ਏ. ਸੀ. ਪੀ. ਵੈਂਟੀਲੇਟਰ ‘ਤੇ ਹਨ। ਇਸ ਦੀ ਪੁਸ਼ਟੀ ਲੁਧਿਆਣਾ ਦੇ ਸਿਵਲ ਸਰਜਨ ਰਾਜੇਸ਼ ਬੱਗਾ ਵਲੋਂ ਕੀਤੀ ਗਈ ਹੈ।
ਏ. ਸੀ. ਪੀ. ਦੀ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਉਨ੍ਹਾਂ ਨਾਲ ਕੰਮ ਕਰਨ ਵਾਲੇ ਕਈ ਐਸ. ਐਚ. ਓਜ਼ ਨੂੰ ਕੁਆਰੰਟਾਈਨ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਭਾਰਤ ਵਿਚ ਕੋਰੋਨਾ ਵਾਇਰਸ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ 9 ਹਜ਼ਾਰ ਨੂੰ ਪਾਰ ਕਰ ਗਈ ਹੈ। ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਦੀ ਲਾਗ ਕਾਰਨ 35 ਲੋਕਾਂ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਭਾਰਤ ਵਿਚ ਮਰਨ ਵਾਲਿਆਂ ਦੀ ਗਿਣਤੀ 308 ਤੱਕ ਪਹੁੰਚ ਗਈ ਹੈ। ਹਾਲਾਂਕਿ, 856 ਲੋਕ ਇਸ ਮਾਰੂ ਵਾਇਰਸ ਦੀ ਪਕੜ ਤੋਂ ਮੁਕਤ ਹੋਏ ਹਨ। ਦੇਸ਼ ਵਿਚ ਇਸ ਸਮੇਂ ਕੋਰੋਨਾ ਵਾਇਰਸ ਦੇ 7987 ਕੇਸ ਹਨ।
ਦੇਸ਼ ਵਿਚ ਮਹਾਰਾਸ਼ਟਰ ਵਿਚ ਸਭ ਤੋਂ ਵੱਧ ਸੰਕਰਮਿਤ ਮਰੀਜ਼ ਹਨ। ਇਥੇ 1985 ਲੋਕ ਹੁਣ ਤੱਕ ਕੋਰੋਨਾ ਵਾਇਰਸ ਦੇ ਸ਼ਿਕਾਰ ਹੋ ਚੁੱਕੇ ਹਨ ਅਤੇ 149 ਦੀ ਮੌਤ ਹੋ ਚੁੱਕੀ ਹੈ। ਮੁੱਖ ਮੰਤਰੀ ਉਧਵ ਠਾਕਰੇ ਨੇ ਮਹਾਰਾਸ਼ਟਰ ਵਿਚ ਕੋਰੋਨਾ ਵਾਇਰਸ ਦੀ ਲਾਗ ਨੂੰ ਰੋਕਣ ਲਈ ਕਈ ਸਖ਼ਤ ਕਦਮ ਚੁੱਕੇ ਹਨ। ਭਾਰਤ ਵਿਚ ਕੋਰੋਨਾ ਵਾਇਰਸ ਦੀ ਲਾਗ ਦੇ ਮਾਮਲੇ ਵਿਚ ਦੂਸਰੇ ਨੰਬਰ ‘ਤੇ ਰਾਜਧਾਨੀ ਦਿੱਲੀ ਹੈ।ਜਿਥੇ 1154 ਲੋਕ ਸੰਕਰਮਿਤ ਹੋਏ ਹਨ। ਹੁਣ ਤਕ ਦਿੱਲੀ ਵਿਚ ਇਸ ਜਾਨਲੇਵਾ ਵਾਇਰਸ ਕਾਰਨ 24 ਲੋਕਾਂ ਦੀ ਮੌਤ ਹੋ ਚੁੱਕੀ ਹੈ।